ਬੀਤੇ ਦਿਨੀਂ ਕਤਲ ਕਰ ਦਿੱਤੇ ਗਏ ਵਿੱਕੀ ਮਿੱਡੂਖੇੜਾ ਦੇ ਘਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਮਿੱਡੂਖੇੜਾ ਪਹੁੰਚੇ। ਸੁਖਬੀਰ ਸਿੰਘ ਬਾਦਲ ਵਲੋਂ ਵਿੱਕੀ ਦੇ ਭਰਾ ਅਜੇਪਾਲ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
ਸੁਖਬੀਰ ਸਿੰਘ ਬਾਦਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਗਿਆ ਕਿ ਵਿੱਕੀ ਦਾ ਪਰਿਵਾਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਇਹ ਪਰਿਵਾਰ ਬਹੁਤ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ ਅਤੇ ਉਹ ਇਸ ਮਾਮਲੇ ਦੇ ਸਬੰਧ ਵਿਚ ਸ਼ਾਮਿਲ ਗੈਂਗਸਟਰਾਂ ਨੂੰ ਜਲਦ ਕਾਬੂ ਕਰਨ ਲਈ ਰੋਜ਼ਾਨਾ ਹੀ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਸੰਪਰਕ ਕਰਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਹੀ ਮਾੜੀ ਹੈ। ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆ ਜਿਹੇ ਗੈਂਗਸਟਰਾਂ ਨੂੰ ਪੰਜਾਬ ਸਰਕਾਰ ਨੇ ਆਪਣੇ ਵੀ. ਆਈ. ਪੀ. ਮਹਿਮਾਨ ਬਣਾ ਕੇ ਰੱਖਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਜੱਗੂ ਭਗਵਾਨਪੁਰੀਆ ਜਿਹਾ ਵਿਅਕਤੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਦਾ ਖਾਸ ਬੰਦਾ ਹੈ। ਉਨ੍ਹਾਂ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਦੋਸ਼ੀਆਂ ਨੂੰ ਭੱਜਣ ਨਹੀਂ ਦੇਵਾਂਗੇ। ਸੁਖਬੀਰ ਸਿੰਘ ਬਾਦਲ ਵਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਾਨੂੰਨ ਵਿਵਸਥਾ ਸਬੰਧੀ ਬਿਆਨ ਤੇ ਕਿਹਾ ਗਿਆ ਹੈ ਕਿ ਜੇਕਰ ਕੈਬਨਿਟ ਮੰਤਰੀ ਅਜਿਹਾ ਕਹਿ ਰਹੇ ਹਨ ਤਾਂ ਫਿਰ ਇਸ ਮਾੜੀ ਕਾਨੂੰਨ ਵਿਵਸਥਾ ਦਾ ਜ਼ਿੰਮੇਵਾਰ ਕੌਣ ਹੈ। ਖਬਰ ਸਰੋਤ ਜਗਬਾਣੀ