ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ‘ਚ ਅਮਨ ਕਾਨੂੰਨ ਦੀ ਸਥਿਤੀ ਸਪੱਸ਼ਟ ਤੌਰ ਤੇ ਵਿਗੜਦੀ ਜਾ ਰਹੀ ਹੈ। ਇਕ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਚਾਚੋਵਾਲੀ ਦਾ ਸਾਹਮਣੇ ਆਇਆ ਹੈ। ਜਿੱਥੇ ਇੱਕ ਦੋਸਤ ਨੇ ਤਾਸ਼ ਖੇਡਦੇ ਹੋਏ ਆਪਣੇ ਦੂਜੇ ਦੋਸਤ ਦੀ ਇੱਟ ਮਾਰ ਕੇ ਹੱਤਿਆ ਕਰ ਦਿੱਤੀ। ਆਪਣੇ ਪੁੱਤਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਂਬਰਾਂ ਵਿਚ ਮਾਤਮ ਛਾ ਗਿਆ ਹੈ। ਪੁਲੀਸ ਪ੍ਰਸਾਸ਼ਨ ਦੀ ਕਾਰਵਾਈ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਧਰਨਾ ਪ੍ਰਦਰਸ਼ਨ ਕਰਨ ਦੀ ਗੱਲ ਵੀ ਆਖੀ ਹੈ।
ਇਸ ਘਟਨਾ ਸਬੰਧੀ ਮ੍ਰਿਤਕ ਜੋਬਨਪ੍ਰੀਤ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਜੋਬਨ ਦਾ ਰਵਿੰਦਰ ਸਿੰਘ ਨਾਲ ਪੁਰਾਣਾ ਝਗੜਾ ਚੱਲ ਰਿਹਾ ਸੀ। ਉਨ੍ਹਾਂ ਦਾ ਤਕਰੀਬਨ ਇੱਕ ਸਾਲ ਪਹਿਲਾਂ ਮਾਮੂਲੀ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਫਿਰ ਤੋਂ ਆਪਸ ਦੇ ਵਿੱਚ ਗੱਲ ਕਰਨੀ ਸ਼ੁਰੂ ਕਰ ਦਿੱਤੀ। ਦੇਰ ਰਾਤ ਤੱਕ ਤਾਸ਼ ਖੇਡ ਰਹੇ ਸਨ। ਰਾਤ ਨੂੰ ਉਹ ਘਰ ਨਹੀਂ ਆਇਆ ਅਤੇ ਸਵੇਰੇ ਜੋਬਨਪ੍ਰੀਤ ਸਿੰਘ ਦੀ ਲਾਸ਼ ਉਥੇ ਪਈ ਮਿਲੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੁਲੀਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਹੀ ਤੰਗ ਪ੍ਰੇਸ਼ਾਨ ਕਰ ਰਹੀ ਹੈ। ਜੇਕਰ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਇਨਸਾਫ਼ ਨਾ ਮਿਲਿਆ ਤਾਂ ਉਹ ਪਠਾਨਕੋਟ ਨੈਸ਼ਨਲ ਹਾਈਵੇਅ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਗੇ।
ਪੁਲੀਸ ਦੋਸ਼ੀਆਂ ਨੂੰ ਫੜਨ ਵਿੱਚ ਲੱਗੀ ਹੋਈ ਹੈ
ਇਸ ਸਬੰਧੀ ਦੂਜੇ ਪਾਸੇ ਥਾਣਾ ਜੈਂਤੀਪੁਰ ਦੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਵਿੰਦਰ ਸਿੰਘ ਅਤੇ ਜੋਬਨਪ੍ਰੀਤ ਸਿੰਘ ਨਾਂ ਦੇ ਦੋਵੇਂ ਦੋਸਤ ਪਿੰਡ ਚਾਚੋਵਾਲੀ ਵਿੱਚ ਮੋਟਰ ਤੇ ਬੈਠੇ ਤਾਸ਼ ਖੇਡ ਰਹੇ ਸਨ। ਤਾਸ਼ ਖੇਡਦੇ ਸਮੇਂ ਉਨ੍ਹਾਂ ਦੀ ਲੜਾਈ ਹੋ ਗਈ ਤਾਂ ਰਵਿੰਦਰ ਸਿੰਘ ਨੇ ਜੋਬਨਪ੍ਰੀਤ ਸਿੰਘ ਦਾ ਇੱਟ ਮਾਰ ਕੇ ਕਤਲ ਕਰ ਦਿੱਤਾ। ਪੁਲੀਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।