ਪੰਜਾਬ ਵਿਚ ਜਿਲ੍ਹਾ ਲੁਧਿਆਣਾ ਦੇ ਦੋਰਾਹਾ ਦੇ ਪਿੰਡ ਚਣਕੋਈਆਂ ਵਿੱਚ ਇੱਕ ਬਜ਼ੁਰਗ ਕਿਸਾਨ ਦਾ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਬੇਰਹਿਮੀ ਨਾਲ ਕੀਤੇ ਇਸ ਕਤਲ ਨਾਲ ਪੂਰੇ ਪਿੰਡ ਵਿੱਚ ਦਹਿਸ਼ਤ ਫੈਲ ਗਈ। ਪੁਲਿਸ ਨੇ ਕਾਤਲਾਂ ਨੂੰ ਫੜਨ ਲਈ ਵਿਸ਼ੇਸ਼ ਟੀਮ ਬਣਾਈ ਹੈ। ਇਸ ਦੇ ਨਾਲ ਹੀ ਪਿੰਡ ਅਤੇ ਸ਼ਹਿਰ ਵਿੱਚ ਲੱਗੇ CCTV ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁਝ ਮਹੀਨੇ ਪਹਿਲਾਂ ਆਪਣੇ ਪੁੱਤਰ ਨਾਲ ਕੈਨੇਡਾ ਤੋਂ ਵਾਪਸ ਆਇਆ ਸੀ। ਮ੍ਰਿਤਕ ਕਿਸਾਨ ਜਗਦੇਵ ਸਿੰਘ ਵਾਸੀ ਪਿੰਡ ਚਣਕੋਈਆਂ ਤਹਿਸੀਲ ਪਾਇਲ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਤਨੀ ਇੱਕ ਮਹੀਨਾ ਪਹਿਲਾਂ ਆਪਣੇ ਬੇਟੇ ਕੋਲ ਕੈਨੇਡਾ ਗਈ ਸੀ।
ਇਸ ਮਾਮਲੇ ਸਬੰਧੀ ਮ੍ਰਿਤਕ ਦੇ ਪੁੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਿੰਡ ਵਿੱਚ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਹ ਕਿਸੇ ਕੰਮ ਲਈ ਗਿਆ ਹੋਇਆ ਸੀ। ਉਸ ਨੂੰ ਘਰੋਂ ਫੋਨ ਆਇਆ ਕਿ ਉਸ ਦੇ ਪਿਤਾ ਜਗਦੇਵ ਸਿੰਘ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਜਦੋਂ ਉਹ ਘਰ ਪਹੁੰਚਿਆ ਤਾਂ ਉਸ ਨੇ ਪੁਲੀਸ ਨੂੰ ਸੂਚਿਤ ਕੀਤਾ। ਪਸ਼ੂਆਂ ਵਾਲੇ ਘਰ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਬਲੀ ਕੁਮਾਰ ਨੇ ਦੱਸਿਆ ਕਿ ਉਸ ਨੇ ਕੋਠੇ ਦਾ ਦਰਵਾਜ਼ਾ ਬੰਦ ਕੀਤਾ ਹੋਇਆ ਸੀ। ਉਸ ਨੇ ਦਰਵਾਜ਼ਾ ਖੜਕਾਇਆ ਪਰ ਜਦੋਂ ਕਾਫੀ ਦੇਰ ਤੱਕ ਕਿਸੇ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਹ ਕੰਧ ਟੱਪ ਕੇ ਦੀਵਾਰ ਅੰਦਰ ਦਾਖ਼ਲ ਹੋਇਆ। ਘਰ ਦੇ ਅੰਦਰ ਦਾਖਲ ਹੁੰਦੇ ਹੀ ਉਸ ਦੇ ਹੋਸ਼ ਉੱਡ ਗਏ ਉਸ ਨੇ ਦੇਖਿਆ ਕਿ ਜਗਦੇਵ ਸਿੰਘ ਦੀ ਲਾਸ਼ ਕੁਰਸੀ ਤੇ ਪਈ ਸੀ। ਇਹ ਦੇਖ ਕੇ ਬਾਲੀ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਨੇੜਲੇ ਲੋਕਾਂ ਨੂੰ ਇਕੱਠਾ ਕਰ ਲਿਆ। ਲੋਕਾਂ ਨੇ ਤੁਰੰਤ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਕਿਸਾਨ ਨੂੰ ਇੰਨੀ ਬੁਰੀ ਤਰ੍ਹਾਂ ਮਾਰਿਆ ਗਿਆ ਕਿ ਉਸ ਦੇ ਹੱਥ ਦੀਆਂ ਉਂਗਲਾਂ ਕੱਟ ਕੇ ਜ਼ਮੀਨ ਤੇ ਡਿੱਗ ਗਈਆਂ। ਸਰੀਰ ਦੇ ਕਈ ਹਿੱਸਿਆਂ ਤੇ ਡੂੰਘੇ ਜ਼ਖਮ ਦੇ ਨਿਸ਼ਾਨ ਵੀ ਸਨ। ਮੌਕੇ ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਇਸ ਘਟਨਾਕ੍ਰਮ ਨੂੰ ਦੇਖਦਿਆਂ ਪੁਲਿਸ ਨੂੰ ਵੀ ਲੱਗਦਾ ਹੈ ਕਿ 2 ਤੋਂ ਵੱਧ ਹਮਲਾਵਰ ਹੋਣਗੇ। ਇਸ ਦੇ ਨਾਲ ਹੀ ਸਥਿਤੀ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਬਜ਼ੁਰਗ ਨੇ ਵੀ ਹਮਲਾਵਰਾਂ ਦਾ ਪੂਰਾ ਮੁਕਾਬਲਾ ਕੀਤਾ ਸੀ। ਜਿਸ ਢੰਗ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਉਸ ਤੋਂ ਇਹ ਕਿਤੇ ਨਾ ਕਿਤੇ ਪੁਰਾਣੀ ਦੁਸ਼ਮਣੀ ਦਾ ਮਾਮਲਾ ਲੱਗ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਸਿਰ ਅਤੇ ਗਰਦਨ ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ। ਪੁਲਸ ਮੁਤਾਬਕ ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੇੜੇ ਦੀ ਕੰਧ ਟੱਪ ਕੇ ਫਰਾਰ ਹੋ ਗਏ।
ਸੂਚਨਾ ਮਿਲਦੇ ਹੀ ਡੀਐਸਪੀ ਪਾਇਲ ਐਸਐਚਓ ਲਖਬੀਰ ਸਿੰਘ ਅਤੇ ਪੁਲੀਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਸਨ। ਪੁਲੀਸ ਵੱਲੋਂ ਫਿੰਗਰ ਪ੍ਰਿੰਟ ਅਤੇ ਡੌਗ ਸਕੁਐਡ ਟੀਮਾਂ ਨੂੰ ਵੀ ਮੌਕੇ ਤੇ ਬੁਲਾਇਆ ਗਿਆ। ਡੀਐਸਪੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਲਦ ਹੀ ਕਾਤਲ ਫੜ ਲਏ ਜਾਣਗੇ। CCTV ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।