ਪੰਜਾਬ ਦੇ ਜਿਲ੍ਹਾ ਪਟਿਆਲਾ ਚ ਸਥਾਨਕ ਰੋਡੀ ਕੁੱਟ ਵਿੱਚ ਇੱਕ ਬੇਕਾਬੂ ਕਾਰ ਨੇ 9 ਸਾਲਾ ਬੱਚੇ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਦੋਸ਼ੀ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਬੱਚੇ ਦੀ ਪਛਾਣ ਨੌਂ ਸਾਲਾ ਕਾਰਤਿਕ ਵਾਸੀ ਰੋਡੀ ਕੁੱਟਾ ਮੁਹੱਲਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਮੌਕੇ ਤੇ ਇਕੱਠੇ ਹੋਏ ਲੋਕਾਂ ਨੇ ਤੁਰੰਤ ਥਾਣਾ ਕੋਤਵਾਲੀ ਦੀ ਪੁਲਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਸ ਟੀਮ ਨੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਸਾਢੇ ਅੱਠ ਵਜੇ ਕੁਝ ਬੱਚੇ ਰੋੜੀ ਕੁੱਟ ਮੁਹੱਲੇ ਵਿਚ ਲੱਕੜ ਵਾਲੇ ਆਰੇ ਦੇ ਕੋਲ ਖੇਡਣ ਵਾਲੀ ਕਾਰ ਨਾਲ ਖੇਡ ਰਹੇ ਸਨ। ਇਸੇ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਕਾਰ ਨੇ ਖਿਡੌਣਾ ਕਾਰ ਵਿੱਚ ਬੈਠੇ ਕਾਰਤਿਕ ਨੂੰ ਆਪਣੇ ਲਪੇਟ ਵਿਚ ਲੈ ਲਿਆ ਅਤੇ ਉਸ ਦਾ ਸਿਰ ਕੁਚਲ ਦਿੱਤਾ। ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਕਾਰਤਿਕ ਦੀ ਮਾਂ ਬੇਬੀ ਨੇ ਵਿਰਲਾਪ ਕਰਦਿਆਂ ਦੱਸਿਆ ਕਿ ਉਸ ਦੇ ਪਤੀ ਦੀ ਦੋ ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਕਾਰਤਿਕ ਤੋਂ ਇਲਾਵਾ ਉਸ ਦਾ ਇਕ ਸਾਲ ਦਾ ਲੜਕਾ ਹੋਰ ਵੀ ਹੈ। ਪਤੀ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ਦੀ ਜ਼ਿੰਮੇਵਾਰੀ ਉਸ ਦੇ ਮੋਢਿਆਂ ਤੇ ਹੀ ਹੈ। ਉਹ ਰੋੜੀ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੀ ਹੈ।
ਇਸ ਮਾਮਲੇ ਸਬੰਧੀ ਥਾਣਾ ਕੋਤਵਾਲੀ ਦੇ ਐਸਐਚਓ ਇੰਸਪੈਕਟਰ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਾਹਨ ਦੇ ਮਾਲਕਾਂ ਵੱਲੋਂ ਡਰਾਈਵਰ ਦੀ ਪਹਿਚਾਣ ਜੱਜ ਸਿੰਘ ਵਾਸੀ ਸੰਤ ਹਜ਼ਾਰਾ ਸਿੰਘ ਨਗਰ ਸਨੌਰ ਵਜੋਂ ਦੱਸੀ ਗਈ ਹੈ।
ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਫਰਾਰ ਹੈ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀਸੀ ਨੇ ਕਮੇਟੀ ਬਣਾਈ ਹੈ। ਡੀਸੀ ਸਾਕਸ਼ੀ ਸਾਹਨੀ ਨੇ ਇਸ ਦਰਦਨਾਕ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਾਰਤਿਕ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਸੰਭਾਵਿਤ ਹਾਦਸਿਆਂ ਵਾਲੇ ਖੇਤਰਾਂ ਦੀ ਸ਼ਨਾਖਤ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਇੱਕ ਹਫ਼ਤੇ ਵਿੱਚ ਪੂਰਾ ਹੱਲ ਕੱਢਿਆ ਜਾਵੇਗਾ।