ਇਹ ਖ਼ਬਰ ਪੰਜਾਬ ਦੇ ਜਿਲ੍ਹਾ ਫਰੀਦਕੋਟ ਤੋਂ ਸਾਹਮਣੇ ਆਈ ਹੈ। ਫਰੀਦਕੋਟ ਅੰਦਰ ਪੈਂਦੇ ਥਾਣਾ ਸਦਰ ਦੇ ਪਿੰਡ ਬੇਗੂਵਾਲਾ ਵਿੱਚ ਨਸ਼ੇ ਦੀ ਓਵਰਡੋਜ਼ ਦੇ ਕਾਰਨ 16 ਸਾਲ ਦੇ ਲੜਕੇ ਦੀ ਮੌਤ ਹੋ ਗਈ। ਮ੍ਰਿਤਕ ਲੜਕੇ ਦੀ ਪਛਾਣ ਛੰਨਾ ਸਿੰਘ ਵਜੋਂ ਕੀਤੀ ਗਈ ਹੈ। ਇਸ ਮਾਮਲੇ ਵਿਚ ਪੁਲਿਸ ਵਲੋਂ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਉਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਅਕਤੀ ਦੇ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਹਾਲਾਂਕਿ ਪੁਲਸ ਨੂੰ ਸੂਚਨਾ ਮਿਲਣ ਤੋਂ ਪਹਿਲਾਂ ਹੀ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦਾ ਅੰਤਿਮ ਸੰਸਕਾਰ ਕਰ ਦਿੱਤਾ ਸੀ ਪਰ ਪੰਚਾਇਤੀ ਜਾਂਚ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਦੇ ਐੱਸਐੱਚਓ ਇੰਸਪੈਕਟਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੇਗੋਵਾਲਾ ਵਿਚ ਇਕ ਨਾਬਾਲਗ ਲੜਕੇ ਦੀ ਨਸ਼ੇ ਕਾਰਨ ਮੌਤ ਹੋ ਗਈ ਪਰ ਜਦੋਂ ਪੁਲਸ ਪਹੁੰਚੀ ਤਾਂ ਪਰਿਵਾਰ ਵਾਲਿਆਂ ਨੇ ਉਸ ਦਾ ਸਸਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਪੁਲਸ ਨੇ ਪੰਚਾਇਤ ਦੇ ਨਾਲ ਮਿਲ ਕੇ ਮ੍ਰਿਤਕ ਦੇ ਪਿਤਾ ਤੋਂ ਜਾਣਕਾਰੀ ਹਾਸਲ ਕੀਤੀ ਤਾਂ ਪਤਾ ਲੱਗਾ ਕਿ ਉਸ ਨੇ ਪਿੰਡ ਦੇ ਹੀ ਦੋ ਹੋਰ ਨੌਜਵਾਨਾਂ ਨਾਲ ਮਿਲ ਕੇ ਨਸ਼ਾ ਕੀਤਾ ਸੀ, ਜਿਸ ਤੋਂ ਬਾਅਦ ਉਸ ਦੀ ਤਬੀਅਤ ਖਰਾਬ ਹੋ ਗਈ। ਦੋਵੇਂ ਸਾਥੀਆਂ ਨੇ ਉਸ ਦੀ ਹਾਲਤ ਵਿਗੜਨ ਬਾਰੇ ਕਿਸੇ ਨੂੰ ਸੂਚਨਾ ਨਹੀਂ ਦਿੱਤੀ। ਕਾਫੀ ਦੇਰ ਬਾਅਦ ਉਸਨੂੰ ਉਸਦੇ ਘਰ ਛੱਡਣ ਆਏ । ਉਸ ਸਮੇਂ ਇਹ ਵੀ ਗਲਤ ਜਾਣਕਾਰੀ ਦਿੱਤੀ ਕਿ ਉਹ ਵਾਟਰ ਵਰਕਸ ‘ਤੇ ਬੇਹੋਸ਼ ਪਿਆ ਹੈ।
ਪਰਿਵਾਰ ਨੇ ਛੰਨਾ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਐਸ.ਐਚ.ਓ ਅਨੁਸਾਰ ਮ੍ਰਿਤਕ ਦੇ ਪਿਤਾ ਪਿਆਰਾ ਸਿੰਘ ਦੇ ਬਿਆਨਾਂ ਤੇ ਪੁਲਿਸ ਨੇ ਪਿੰਡ ਅਰਾਈਆਂਵਾਲਾ ਕਲਾਂ ਦੇ ਗੁਰਵਿੰਦਰ ਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਦੋ ਸਾਥੀਆਂ ਲਖਵਿੰਦਰ ਸਿੰਘ ਅਤੇ ਸਤਨਾਮ ਸਿੰਘ, ਲਖਵਿੰਦਰ ਸਿੰਘ ਅਤੇ ਸਤਨਾਮ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਲਖਵਿੰਦਰ ਸਿੰਘ ਅਤੇ ਸਤਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।