ਪੰਜਾਬ ਵਿਚ ਜਿਲ੍ਹਾ ਲੁਧਿਆਣਾ ਦੇ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਲਾਪਰਾ ਤੋਂ ਪਿਛਲੇ ਦੋ ਦਿਨਾਂ ਤੋਂ ਲਾਪਤਾ ਹੋਏ ਨੌਜਵਾਨ ਹੇਅਰ ਡਰੈਸਰ ਦੀ ਲਾਸ਼ ਥਾਣਾ ਡੇਹਲੋਂ ਦੇ ਪਿੰਡ ਭੁੱਟੇ ਦੇ ਖੇਤਾਂ ‘ਚੋਂ ਮਿਲੀ ਹੈ। ਜਿਸ ਦੀ ਪਛਾਣ ਲਖਵੀਰ ਸਿੰਘ ਉਰਫ਼ ਲੱਕੀ ਪੁੱਤਰ ਜੰਗਦੀਸ਼ ਸਿੰਘ ਵਾਸੀ ਪਿੰਡ ਲਾਪਰਾਂ, ਥਾਣਾ ਪਾਇਲ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ।
ਇਸ ਘਟਨਾ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਾਇਲ ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲਖਵੀਰ ਸਿੰਘ ਉਰਫ਼ ਲੱਕੀ ਉਮਰ 22 ਸਾਲ ਜੋ ਕਿ ਪਿੰਡ ਵਿੱਚ ਹੀ ਹੇਅਰ ਡਰੈਸਰ ਦੀ ਦੁਕਾਨ ਕਰਦਾ ਸੀ, ਬੀਤੀ 9 ਸਤੰਬਰ ਨੂੰ ਨੇੜਲੇ ਪਿੰਡ ਬਿਲਾਸਪੁਰ ਦੇ ਮੇਲੇ ਵਿੱਚ ਮੱਥਾ ਟੇਕਣ ਤੋਂ ਬਾਅਦ ਘਰੋਂ ਲਾਪਤਾ ਹੋ ਗਿਆ ਸੀ ਅਤੇ ਦੇਰ ਸ਼ਾਮ ਉਸ ਦੀ ਲਾਸ਼ ਪਿੰਡ ਭੁੱਟੇ ਨੇੜੇ ਖੇਤਾਂ ਵਿੱਚੋਂ ਬਰਾਮਦ ਹੋਈ।
ਇਸ ਘਟਨਾ ਸਬੰਧੀ ਥਾਣਾ ਪਾਇਲ ਦੇ ਐਸ.ਐਚ.ਓ. ਅਮਰੀਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਜੰਗਦੀਸ਼ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਪਾਇਲ ‘ਚ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਤਲਾਸ਼ ਲਈ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਮ੍ਰਿਤਕ ਦੇ ਪਿਤਾ ਜੰਗਦੀਸ਼ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਲਖਵੀਰ ਸਿੰਘ ਉਰਫ਼ ਲੱਕੀ 9 ਸਤੰਬਰ ਨੂੰ ਬਿਲਾਸਪੁਰ ਮੇਲੇ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਆ ਗਿਆ ਸੀ।
ਜਿਸ ਤੋਂ ਬਾਅਦ ਸ਼ਾਮ 6:50 ਵਜੇ ਉਹ ਆਪਣੇ ਮੋਬਾਇਲ ‘ਤੇ ਗੱਲ ਕਰਦੇ ਹੋਏ ਅਚਾਨਕ ਘਰੋਂ ਨਿਕਲ ਗਿਆ ਅਤੇ ਵਾਪਸ ਨਹੀਂ ਆਇਆ। ਇਸ ਤੋਂ ਬਾਅਦ 11 ਸਤੰਬਰ ਨੂੰ ਉਸ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੇ ਪਿਤਾ ਨੇ ਪਾਇਲ ਪੁਲਸ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ।
ਪਾਇਲ ਦੇ ਡੀ.ਐੱਸ.ਪੀ. ਹਰਸਿਮਰਤ ਸਿੰਘ ਪੀ.ਪੀ.ਐਸ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।