ਪੰਜਾਬ ਦੇ ਜਿਲ੍ਹਾ ਪਟਿਆਲਾ ਵਿਚ ਅੱਧੀ ਰਾਤ ਤੋਂ ਬਾਅਦ ਰੇਲਵੇ ਸਟੇਸ਼ਨ ਨੇੜੇ ਮਾਮੂਲੀ ਝਗੜੇ ‘ਚ 35 ਸਾਲਾ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਦਿਲ ‘ਚ ਸੂਏ ਨਾਲ ਵਾਰ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੌਰਾਂ ਦੇ ਨਾਮ ਵਜੋਂ ਹੋਈ ਹੈ। ਇਸ ਖ਼ਬਰ ਦੇ ਲਿਖੇ ਜਾਣ ਤੱਕ ਥਾਣਾ ਅਨਾਜ ਮੰਡੀ ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਸੀ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਡਰਾਈਵਰੀ ਦਾ ਕੰਮ ਕਰਦਾ ਸੀ ਅਤੇ ਇੱਕ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਉਸ ਦੀ ਕਰੀਬ ਦੋ ਮਹੀਨਿਆਂ ਦੀ ਇੱਕ ਧੀ ਵੀ ਹੈ। ਗੱਡੀ ਵਿੱਚ ਸਾਮਾਨ ਛੱਡ ਕੇ ਦਵਿੰਦਰ ਸਿੰਘ ਆਪਣੇ ਦੋ ਸਾਥੀਆਂ ਨਾਲ ਪਟਿਆਲਾ ਰੇਲਵੇ ਸਟੇਸ਼ਨ ਨੇੜੇ ਪੈਂਦੀ ਇੱਕ ਸ਼ਰਾਬ ਦੀ ਦੁਕਾਨ ’ਤੇ ਖੜ੍ਹਾ ਸੀ। ਇੱਥੇ ਹੀ ਉਸ ਦੀ ਕਰੀਬ 8-9 ਵਿਅਕਤੀਆਂ ਦੇ ਨਾਲ ਲੜਾਈ ਹੋ ਗਈ। ਤੂ-ਤੂੰ-ਮੈਂ-ਮੈਂ ਨਾਲ ਸ਼ੁਰੂ ਹੋਈ ਲੜਾਈ ਨੇ ਜਲਦੀ ਹੀ ਖੂਨੀ ਮੋੜ ਲੈ ਲਿਆ। ਇਸੇ ਦੌਰਾਨ ਦੋਸ਼ੀਆਂ ਵਿਚੋਂ ਇਕ ਦੋਸ਼ੀ ਨੇ ਬਰਫ਼ ਤੋੜਨ ਲਈ ਵਰਤੇ ਜਾਣ ਵਾਲੇ ਸੂਏ ਨਾਲ ਦਵਿੰਦਰ ਸਿੰਘ ਦੇ ਦਿਲ ਦੇ ਨੇੜੇ ਵਾਰ ਕਰ ਦਿੱਤਾ। ਦਵਿੰਦਰ ਸਿੰਘ ਖੂਨ ਨਾਲ ਲੱਥਪੱਥ ਹੋ ਕੇ ਜ਼ਮੀਨ ‘ਤੇ ਡਿੱਗ ਗਿਆ। ਇਸ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਸਬੰਧਤ ਥਾਣਾ ਅਨਾਜ ਮੰਡੀ ਦੇ ਇੰਚਾਰਜ ਅਮਨਦੀਪ ਸਿੰਘ ਨੇ ਦੱਸਿਆ ਹੈ ਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਤੱਕ ਜਲਦੀ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਹੈ ਕਿ ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਦੋਸ਼ੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।