ਪੰਜਾਬ ਵਿਚ ਜਿਲ੍ਹਾ ਗੁਰਦਾਸਪੁਰ ਬਟਾਲਾ ਦੇ ਪਿੰਡ ਹਰਚੋਵਾਲ ਨੇੜੇ ਸ਼ੁੱਕਰਵਾਰ ਦੁਪਹਿਰ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ ਕਾਰ ‘ਚ ਸਵਾਰ ਪਤੀ-ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਦੋਵੇਂ ਬੱਚੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਬੱਚਿਆਂ ਨੂੰ ਆਸ-ਪਾਸ ਦੇ ਲੋਕਾਂ ਨੇ ਕਾਰ ‘ਚੋਂ ਬਾਹਰ ਕੱਢ ਕੇ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਜਿੱਥੋਂ ਦੋਵਾਂ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਮ੍ਰਿਤਕਾਂ ਦੀ ਪਛਾਣ ਗੁਰਜੀਤ ਕੌਰ ਅਤੇ ਉਸ ਦੇ ਪਤੀ ਸਤਨਾਮ ਸਿੰਘ ਵਾਸੀ ਪਿੰਡ ਹਰਚੋਵਾਲ ਵਜੋਂ ਹੋਈ ਹੈ। ਬੱਚਿਆਂ ਪ੍ਰਨੀਤ ਕੌਰ (7) ਅਤੇ ਗੁਰਵੀਤ ਸਿੰਘ (4) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਗੁਰਜੀਤ ਕੌਰ ਵਾਸੀ ਹਰਚੋਵਾਲ ਆਪਣੇ ਪਰਿਵਾਰ ਸਮੇਤ ਪਿੰਡ ਭੈਣੀ ਖੁਰਦ ਵਿਖੇ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਗਈ ਹੋਈ ਸੀ। ਉਹ ਸ਼ੁੱਕਰਵਾਰ ਨੂੰ ਰੱਖੜੀ ਬੰਨ੍ਹ ਕੇ ਆਪਣੀ ਕਾਰ ਤੋਂ ਵਾਪਸ ਆ ਰਹੇ ਸੀ। ਕਾਰ ਨੂੰ ਉਸ ਦਾ ਪਤੀ ਸਤਨਾਮ ਸਿੰਘ ਚਲਾ ਰਿਹਾ ਸੀ ਅਤੇ ਉਸ ਦੇ ਨਾਲ ਦੋਵੇਂ ਬੱਚੇ ਵੀ ਸਨ।
ਅਜੇ ਉਹ ਆਪਣੇ ਘਰ ਤੋਂ ਅੱਧਾ ਕਿਲੋਮੀਟਰ ਦੂਰ ਹੀ ਸੀ ਕਿ ਅਚਾਨਕ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਕਾਰ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਗੁਰਜੀਤ ਕੌਰ ਅਤੇ ਸਤਨਾਮ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਪਤੀ-ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਦੇ ਦੋਵੇਂ ਬੱਚੇ ਗੰਭੀਰ ਜ਼ਖ਼ਮੀ ਹਨ ਜਿਨ੍ਹਾਂ ਨੂੰ ਬਟਾਲਾ ਤੋਂ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਫਿਲਹਾਲ ਪੁਲਿਸ ਨੇ 174 ਦੀ ਕਾਰਵਾਈ ਕੀਤੀ ਹੈ।