ਪੰਜਾਬ ਦੇ ਜਿਲ੍ਹਾ ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਕਲਾਂ ਵਿਚ ਇਕ 55 ਸਾਲਾ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪੰਚਾਇਤ ਮੈਂਬਰ ਨੂੰ ਮਿਲਣ ਲਈ ਆਪਣੇ ਘਰ ਤੋਂ ਜਾ ਰਿਹਾ ਸੀ ਕਿ ਰਸਤੇ ਵਿਚ ਹਮਲਾਵਰਾਂ ਨੇ ਉਸ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਦੀ ਮਦਦ ਨਾਲ ਪਰਿਵਾਰਕ ਮੈਂਬਰਾਂ ਨੇ ਜ਼ਖਮੀ ਵਿਅਕਤੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ।
ਪੀੜਤ ਪਰਿਵਾਰ ਵੱਲੋਂ ਇੱਥੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਮੇਂ ਗੱਲਬਾਤ ਕਰਦਿਆਂ ਮ੍ਰਿਤਕ ਦੀ ਪਤਨੀ ਅਤੇ ਲੜਕੇ ਨੇ ਦੱਸਿਆ ਕਿ ਦੇਰ ਰਾਤ ਇੱਕ ਵਿਅਕਤੀ ਦੁੱਧ ਲੈਣ ਗਿਆ ਸੀ, ਜਿਸ ਨਾਲ ਕੁਝ ਵਿਅਕਤੀਆਂ ਨੇ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜਦੋਂ ਉਹ ਘਰ ਆਇਆ ਤਾਂ ਉਸ ਦਾ ਛੋਟਾ ਭਰਾ ਸੋਹਣ ਸਿੰਘ ਪਿੰਡ ਦੇ ਪੰਚਾਇਤ ਮੈਂਬਰ ਨੂੰ ਇਸ ਬਾਰੇ ਦੱਸਣ ਜਾ ਰਿਹਾ ਸੀ, ਜਿਸ ਨੂੰ ਰਸਤੇ ਹਮਲਾਵਰਾਂ ਨੇ ਘੇਰ ਲਿਆ ਅਤੇ ਉਸ ਉਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਰੌਲਾ ਸੁਣ ਕੇ ਹਮਲਾਵਰ ਮੌਕੇ ਤੋਂ ਭੱਜ ਗਏ ਅਤੇ ਪਿੰਡ ਵਾਸੀਆਂ ਦੀ ਮਦਦ ਦੇ ਨਾਲ ਸੋਹਣ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ।
ਉਸ ਦੀ ਹਾਲਤ ਜਿਆਦਾ ਨਾਜ਼ੁਕ ਹੋਣ ਕਾਰਨ ਉਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਦੱਸਿਆ ਹੈ ਕਿ ਉਨ੍ਹਾਂ ਦਾ ਕਈ ਸਾਲ ਪਹਿਲਾਂ ਸੋਹਣ ਸਿੰਘ ਦਾ ਕਤਲ ਕਰਨ ਵਾਲੇ ਵਿਅਕਤੀਆਂ ਨਾਲ ਝਗੜਾ ਹੋਇਆ ਸੀ, ਜਿਸ ਦਾ ਰਾਜੀਨਾਮਾ ਹੋ ਗਿਆ ਸੀ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ।
ਇਸ ਸਮੇਂ ਸੰਬੰਧਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਫਰੀਦਕੋਟ ਜਸਮੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਫਰੀਦਕੋਟ ਦੇ ਪਿੰਡ ਅਰਾਈਆਂਵਾਲਾ ਕਲਾਂ ਵਿੱਚ ਪੁਰਾਣੀ ਦੁਸ਼ਮਣੀ ਨੂੰ ਲੈ ਕੇ ਦੋ ਗੁੱਟਾਂ ਵਿੱਚ ਲੜਾਈ ਹੋ ਗਈ, ਜਿਸ ਵਿੱਚ ਸੋਹਣ ਸਿੰਘ ਨਾਮ ਦਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਨੂੰ ਦਰਜ ਕੀਤਾ ਜਾ ਰਿਹਾ ਹੈ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।