ਦੋ ਧਿਰਾਂ ਦੇ ਜ਼ਮੀਨੀ ਵਿਵਾਦ ਵਿਚ, ਇਕ ਧਿਰ ਨੇ ਚਲਾਈ ਗੋਲੀ, ਤਾਏ ਅਤੇ ਭਤੀਜੇ ਦੀ ਗਈ ਜਾਨ, ਇਕ ਜਖਮੀ, ਜਾਂਂਚ ਜਾਰੀ

Punjab

ਪੰਜਾਬ ਦੇ ਜਿਲ੍ਹਾ ਫ਼ਿਰੋਜ਼ਪੁਰ ਵਿੱਚ ਦੋ ਵਿਅਕਤੀਆਂ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਿੰਡ ਫਤਿਹਗੜ੍ਹ ਸਭਰਾਵਾਂ ਦੀ ਹੈ। ਵੀਰਵਾਰ ਨੂੰ ਇੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਇੱਕ ਧਿਰ ਨੇ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ਵਿੱਚ ਦੋ ਵਿਅਕਤੀਆਂ (ਤਾਏ ਅਤੇ ਭਤੀਜਾ) ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਤਾਏ ਅਤੇ ਭਤੀਜੇ ਦੀ ਛਾਤੀ ਵਿੱਚ ਗੋਲੀਆਂ ਲੱਗੀਆਂ ਹਨ।

ਇਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਐਸਐਸਪੀ ਸੁਰਿੰਦਰ ਲਾਂਬਾ ਅਤੇ ਹੋਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਿੰਡ ਫਤਿਹਗੜ੍ਹ ਸਭਰਾਵਾਂ ਵਿੱਚ ਛੇ ਕਨਾਲ ਜ਼ਮੀਨ ਹੈ। ਪਿੰਡ ਦੇ ਕੁਝ ਲੋਕ ਉਨ੍ਹਾਂ ਦੀ ਜ਼ਮੀਨ ‘ਤੇ ਜ਼ਬਰਦਸਤੀ ਕਬਜ਼ਾ ਕਰਨਾ ਚਾਹੁੰਦੇ ਸਨ, ਜਦਕਿ ਜ਼ਮੀਨ ਦੇ ਦਸਤਾਵੇਜ਼ ਉਨ੍ਹਾਂ ਦੇ ਨਾਂ ‘ਤੇ ਹਨ ਅਤੇ ਕਬਜ਼ਾ ਵੀ ਉਨ੍ਹਾਂ ਦਾ ਹੈ। ਵੀਰਵਾਰ ਨੂੰ ਕਰੀਬ 15 ਵਿਅਕਤੀ ਹਥਿਆਰਾਂ ਨਾਲ ਲੈਸ ਖੇਤਾਂ ‘ਚ ਆਏ। ਦੋਸ਼ੀਆਂ ਨੇ ਖੇਤ ਵਿੱਚ ਟਰੈਕਟਰ ਨਾਲ ਜ਼ਮੀਨ ਵਾਹੁਣੀ ਸ਼ੁਰੂ ਕਰ ਦਿੱਤੀ।

ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਲਰਾਜ ਸਿੰਘ ਉਮਰ 23 ਸਾਲ ਪੁੱਤਰ ਪ੍ਰਗਟ ਸਿੰਘ ਅਤੇ ਬਲਵਿੰਦਰ ਸਿੰਘ ਉਮਰ 65 ਸਾਲ ਦੀ ਛਾਤੀ ’ਤੇ ਗੋਲੀਆਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਬਲਵਿੰਦਰ ਦੇ ਭਰਾ ਜਸਵੰਤ ਸਿੰਘ ਉਮਰ 60 ਸਾਲ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਸ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪੀੜਤਾਂ ਦਾ ਕਹਿਣਾ ਹੈ ਕਿ ਪਿੰਡ ਦਾ ਰਹਿਣ ਵਾਲਾ ਫੌਜੀ (ਕਾਲਾ) ਛੁੱਟੀ ’ਤੇ ਆਇਆ ਹੋਇਆ ਸੀ। ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ। ਦੋਸ਼ੀਆਂ ਕੋਲ 32 ਬੋਰ, 12 ਬੋਰ ਅਤੇ ਹੋਰ ਕਿਸਮ ਦੇ ਹਥਿਆਰ ਸਨ। ਦੂਜੇ ਪਾਸੇ ਐੱਸਐੱਸਪੀ ਸੁਰਿੰਦਰ ਲਾਂਬਾ ਦਾ ਕਹਿਣਾ ਹੈ ਕਿ ਜ਼ਮੀਨ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।

ਵੀਰਵਾਰ ਨੂੰ ਇਕ ਧਿਰ ਨੇ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੋਲੀਆਂ ਚਲਾਈਆਂ, ਜਿਸ ਨਾਲ ਦੋ ਲੋਕਾਂ ਦੀ ਮੌਤ ਹੋ ਗਈ, ਇਕ ਵਿਅਕਤੀ ਜ਼ਖਮੀ ਹੋ ਗਿਆ। ਇੱਕ ਸਵਾਲ ਦੇ ਜਵਾਬ ਵਿੱਚ ਐਸਐਸਪੀ ਨੇ ਦੱਸਿਆ ਕਿ ਕਰੀਬ ਛੇ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੀੜਤਾਂ ਦੇ ਬਿਆਨ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।

Leave a Reply

Your email address will not be published. Required fields are marked *