ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਉਚਾ ਤੋਂ ਇੱਕ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸਕੂਲ ਜਾਣ ਲਈ ਘਰ ਤੋਂ ਗਈ 11ਵੀਂ ਜਮਾਤ ਦੀ ਵਿਦਿਆਰਥਣ ਨੂੰ ਰਸਤੇ ਵਿੱਚ ਆ ਰਹੀ ਇੱਕ ਟਰਾਲੀ ਨੇ ਕੁਚਲ ਦਿੱਤਾ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਧੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਲੜਕੀ ਦੇ ਪਰਿਵਾਰਕ ਮੈਂਬਰ ਸਦਮੇ ਵਿੱਚ ਹਨ ਅਤੇ ਘਰ ਵਿੱਚ ਸੋਗ ਦੀ ਲਹਿਰ ਹੈ। ਇਸ ਦੌਰਾਨ ਲੜਕੀ ਦੇ ਪਿਤਾ ਗੁਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਸ ਦੀ ਲੜਕੀ ਦਾ ਨਾਂ ਅਰਪਨਦੀਪ ਕੌਰ ਹੈ ਜੋ ਪਿੰਡ ਤੋਂ ਕੁਝ ਕਿਲੋਮੀਟਰ ਦੀ ਦੂਰੀ ਤੇ ਸਥਿਤ ਸਕੂਲ ਵਿੱਚ 11ਵੀਂ ਜਮਾਤ ਵਿੱਚ ਪੜ੍ਹਦੀ ਸੀ।
ਅਰਪਨਦੀਪ ਕੌਰ ਰੋਜ਼ਾਨਾ ਦੀ ਤਰ੍ਹਾਂ ਆਪਣੀ ਸਕੂਟਰੀ ਤੇ ਘਰੋਂ ਸਕੂਲ ਲਈ ਰਵਾਨਾ ਹੋ ਰਹੀ ਸੀ ਕਿ ਫਿਰ ਅਚਾਨਕ ਉਸ ਨੂੰ ਸੂਚਨਾ ਮਿਲੀ ਕਿ ਉਸ ਦੀ ਧੀ ਨਾਲ ਟਰਾਲੀ ਨਾਲ ਟਕਰਾਉਣ ਕਾਰਨ ਭਿਆਨਕ ਹਾਦਸਾ ਹੋ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਲੜਕੀ ਦੇ ਪਿਤਾ ਮੌਕੇ ‘ਤੇ ਪਹੁੰਚੇ ਅਤੇ ਦੇਖਿਆ ਕਿ ਸਿਰ ‘ਚ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਲੜਕੀ ਦੀ ਮੌਤ ਹੋ ਚੁੱਕੀ ਸੀ। ਉਕਤ ਹਾਦਸੇ ਤੋਂ ਬਾਅਦ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਸ ਮਾਮਲੇ ਸਬੰਧੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਦੀਪ ਧਵਨ ਨੇ ਦੱਸਿਆ ਹੈ ਕਿ ਸਥਾਨਕ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਇਸ ਦੇ ਨਾਲ ਹੀ ਥਾਣਾ ਫੱਤੂਢੀਂਗਾ ਦੇ ਐੱਸ. ਐੱਚ.ਓ. ਮਨਦੀਪ ਕੌਰ ਦੇ ਤਰਫੋਂ ਦੱਸਿਆ ਗਿਆ ਹੈ ਕਿ ਪੁਲਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।