ਪੰਜਾਬ ਵਿਚ ਤਰਨਤਾਰਨ ਦੇ ਪੱਟੀ ਵਿੱਚ ਵਾਪਰਿਆ ਇੱਕ ਕਤਲ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਿਆ ਹੈ। ਮੋਟਰਸਾਈਕਲ ‘ਤੇ ਆਏ ਦੋ ਨੌਜਵਾਨਾਂ ਨੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਵਿਚ ਦਾਖਲ ਹੋ ਕੇ ਮਾਲਕ ਨੂੰ ਗੋਲੀਆਂ ਮਾਰ ਦਿੱਤੀਆਂ। ਦੋਸ਼ੀਆਂ ਵਲੋਂ ਗੋਲੀਆਂ ਇੰਨੀ ਬੇਰਹਿਮੀ ਨਾਲ ਚਲਾਈਆਂ ਗਈਆਂ ਕਿ ਮਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤਰਨਤਾਰਨ ਸਦਰ ਥਾਣਾ ਦੀ ਪੁਲਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ। ਇਹ ਪੂਰੀ ਘਟਨਾ ਅਤੇ ਦੋਸ਼ੀ ਦੁਕਾਨ ‘ਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਏ ਹਨ।
ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਹ ਘਟਨਾ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 54 ‘ਤੇ ਸਥਿਤ ਪਿੰਡ ਦੀਨਪੁਰ ਦੀ ਹੈ। ਤਰਨਤਾਰਨ ਦੇ ਰਸੂਲਪੁਰ ਦੇ ਰਹਿਣ ਵਾਲੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ ਗੁਰਜੰਟ ਸਿੰਘ ਦਾ ਮੋਟਰਸਾਈਕਲ ‘ਤੇ ਆਏ ਦੋ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਕਤਲ ਦੀ ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਤੋਂ ਪਤਾ ਚੱਲਿਆ ਹੈ ਕਿ ਦੋ ਨੌਜਵਾਨ ਦੁਕਾਨ ਵਿੱਚ ਦਾਖ਼ਲ ਹੋਏ।
ਜਿਵੇਂ ਹੀ ਗੁਰਜੰਟ ਰੈਕ ਦੇ ਪਿੱਛੇ ਗਿਆ ਤਾਂ ਦੋਵਾਂ ਨੌਜਵਾਨਾਂ ਨੇ ਪਿਸਤੌਲ ਕੱਢ ਕੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਦੁਕਾਨ ‘ਤੇ ਕੰਮ ਕਰਦੇ ਨੌਜਵਾਨਾਂ ਨੇ ਬੁਰੀ ਤਰ੍ਹਾਂ ਜਖਮੀ ਹੋ ਗਏ ਗੁਰਜੰਟ ਨੂੰ ਚੁੱਕ ਕੇ ਸਿਵਲ ਹਸਪਤਾਲ ਪਹੁੰਚਾਇਆ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪਰਿਵਾਰ ਮੁਤਾਬਕ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ।
ਐਸਪੀ ਇਨਵੈਸਟੀਗੇਸ਼ਨ ਵਿਸ਼ਾਲ ਜੀਤ ਨੇ ਦੱਸਿਆ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਸੀਸੀਟੀਵੀ ਦੇ ਆਧਾਰ ਉਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ ਤਾਂ ਜੋ ਮੋਟਰਸਾਈਕਲ ਸਵਾਰਾਂ ਦੀ ਹਰਕਤ ਦਾ ਪਤਾ ਲਗਾਇਆ ਜਾ ਸਕੇ। ਦੋਸ਼ੀਆਂ ਦੀ ਪਛਾਣ ਲਈ ਵੀ ਯਤਨ ਕੀਤੇ ਜਾ ਰਹੇ ਹਨ।