ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪਲਟ ਗਈ ਅਤੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮੋਟਰਸਾਈਕਲ ਦੇ ਪਿੱਛੇ ਬੈਠੀ ਔਰਤ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝ ਰਹੀ ਹੈ। ਇਸ ਦਰਦਨਾਕ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ, ਜਿਸ ਦੇ ਆਧਾਰ ਉਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਜੰਡਿਆਲਾਗੁਰੂ ਦਾ ਰਹਿਣ ਵਾਲਾ ਧਰਮਿੰਦਰ ਸਿੰਘ ਅਤੇ ਉਸਦੀ ਪਤਨੀ ਰਾਜਬੀਰ ਕੌਰ ਮੋਟਰਸਾਈਕਲ ਉਤੇ ਆਪਣੇ ਰਿਸ਼ਤੇਦਾਰ ਦੇ ਭੋਗ ‘ਤੇ ਛੇਹਰਟਾ ਆਏ ਸਨ। ਉਹ ਅਜੇ ਆਜ਼ਾਦ ਨਗਰ ਦਵਾਈਆਂ ਵਾਲੀ ਮੰਡੀ ਨੇੜੇ ਪਹੁੰਚੇ ਸਨ। ਉਦੋਂ ਹੀ ਸਾਹਮਣੇ ਤੋਂ ਆ ਰਹੀ ਕਾਲੇ ਰੰਗ ਦੀ ਫੋਰਡ ਫਿਏਸਟਾ ਕਾਰ ਨੰਬਰ ਪੀ.ਬੀ.02 ਬੀ.ਈ.0091 ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਕਾਰ ਇੰਨੀ ਤੇਜ਼ ਸੀ ਕਿ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਪਲਟ ਗਈ। ਧਰਮਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਰਾਜਬੀਰ ਕੌਰ ਨੂੰ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਜਾਂਚ ਸ਼ੁਰੂ ਕੀਤੀ
ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਡਰਾਈਵਰ ਕਾਰ ਛੱਡ ਕੇ ਫਰਾਰ ਹੋ ਗਿਆ। ਕਾਰ ਦੇ ਅੰਦਰੋਂ ਦਸਤਾਵੇਜ਼ ਮਿਲੇ ਹਨ। ਕਾਰ ਛੇਹਰਟਾ ਦੇ ਰਹਿਣ ਵਾਲੇ ਵਿਅਕਤੀ ਦੇ ਨਾਂ ’ਤੇ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਰ ਕੌਣ ਚਲਾ ਰਿਹਾ ਸੀ, ਇਸਦੀ ਪੁਸ਼ਟੀ ਕਰਨ ਲਈ ਇੱਕ ਟੀਮ ਨੂੰ ਜਾਂਚ ਵਿੱਚ ਲਗਾ ਦਿੱਤਾ ਗਿਆ ਹੈ। ਪੁਲਿਸ ਨੇ ਹਾਦਸੇ ਦੀ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ ਰਾਜਬੀਰ ਕੌਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰ ਨੇ ਪੁਲੀਸ ਨੂੰ ਕਾਰ ਡਰਾਈਵਰ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਰ ਛੇਹਰਟਾ ਇਲਾਕੇ ਦੇ ਵਸਨੀਕ ਦੀ ਹੈ, ਜਲਦ ਹੀ ਦੋਸ਼ੀ ਨੂੰ ਫੜ ਲਿਆ ਜਾਵੇਗਾ।