ਪੰਜਾਬ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਖਡੂਰ ਸਾਹਿਬ ਅੰਦਰ ਪੈਂਦੇ ਪਿੰਡ ਕੋਟ ਮੁਹੰਮਦ ਖਾਂ ਨੇੜੇ ਇੱਕ ਟ੍ਰੈਕਟਰ ਟ੍ਰਾਲੀ ਨਾਲ ਬੁਲਟ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸ਼ਰਨਜੀਤ ਸਿੰਘ ਉਮਰ 30 ਸਾਲ ਪੁੱਤਰ ਸਤਨਾਮ ਸਿੰਘ ਅਤੇ ਪ੍ਰਦੀਪ ਸਿੰਘ ਉਮਰ 28 ਸਾਲ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ਼ਰਨਜੀਤ ਸਿੰਘ ਦਾ ਕੁਝ ਦਿਨਾਂ ਨੂੰ ਵਿਆਹ ਸੀ, ਜਿਸ ਕਾਰਨ ਉਹ ਆਪਣੇ ਦੋਸਤ ਪ੍ਰਦੀਪ ਨਾਲ ਵਿਆਹ ਦੇ ਕਾਰਡ ਵੰਡਣ ਜਾ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ। ਇੱਕੋ ਮੁਹੱਲੇ ਦੇ ਦੋ ਘਰਾਂ ਵਿੱਚ ਛਾਏ ਮਾਤਮ ਦੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪੁਲਿਸ ਨੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਬ-ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਮਜੀਠਾ ਦੇ ਵਾਰਡ ਨੰਬਰ 1 ਦੇ ਰਹਿਣ ਵਾਲੇ ਸ਼ਰਨਜੀਤ ਸਿੰਘ ਦਾ ਵਿਆਹ 21-22 ਨਵੰਬਰ ਨੂੰ ਹੋਣਾ ਸੀ। ਇਸ ਕਾਰਨ ਉਹ ਆਪਣੇ ਦੋਸਤ ਪ੍ਰਦੀਪ ਸਿੰਘ ਨਾਲ ਵਿਆਹ ਦੇ ਕਾਰਡ ਵੰਡਣ ਲਈ ਬੁਲੇਟ ਮੋਟਰਸਾਈਕਲ ’ਤੇ ਪਿੰਡ ਕੋਟ ਮੁਹੰਮਦ ਖਾਂ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਟਰੈਕਟਰ ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਪਹਿਲਾਂ ਤਰਨਤਾਰਨ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਭੇਜ ਦਿੱਤਾ ਗਿਆ। ਪਰ ਉਥੇ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ।
ਦੂਜੇ ਪਾਸੇ ਪੁਲਸ ਨੇ ਮ੍ਰਿਤਕ ਸ਼ਰਨਜੀਤ ਸਿੰਘ ਦੇ ਭਰਾ ਗੁਰਪਿੰਦਰ ਸਿੰਘ ਦੇ ਬਿਆਨਾਂ ‘ਤੇ ਕਾਰਵਾਈ ਕਰਦਿਆਂ ਅਣਪਛਾਤੇ ਟਰੈਕਟਰ ਟਰਾਲੀ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਟਰੈਕਟਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਖ਼ਿਲਾਫ਼ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ ਹਨ।