ਪੰਜਾਬ ਦੇ ਜਿਲ੍ਹਾ ਮੋਗਾ ਵਿੱਚ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਨਸ਼ੇ ਦੀ ਹਾਲਤ ਵਿਚ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਰੋਟੀ ਪਕਾਉਣ ਲਈ ਵਰਤਿਆ ਜਾਣ ਵਾਲਾ ਤਵਾ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਆਸਪਾਸ ਦੇ ਇਲਾਕੇ ਵਿਚ ਹੜਕੰਪ ਮਚ ਗਿਆ। ਇਸ ਘਟਨਾ ਦੀ ਸੂਚਨਾ ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ਮੋਗਾ ਦੀ ਚੱਕੀ ਵਾਲੀ ਗਲੀ ਵਿੱਚ ਇਕ ਨੌਜਵਾਨ ਪਰਮਜੀਤ ਸਿੰਘ ਦਾ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਮਜੀਤ ਸਿੰਘ ਨਸ਼ੇ ਦਾ ਆਦੀ ਹੈ। ਇਸ ਗੱਲ ਨੂੰ ਲੈ ਕੇ ਉਹ ਅਕਸਰ ਘਰ ਵਿੱਚ ਝਗੜਾ ਕਰਦਾ ਰਹਿੰਦਾ ਸੀ।
ਪਰਮਜੀਤ ਸਿੰਘ ਦਾ ਬੀਤੀ ਰਾਤ ਵੀ ਆਪਣੀ ਪਤਨੀ ਨਾਲ ਝਗੜਾ ਹੋ ਗਿਆ ਸੀ। ਇਸੇ ਦੌਰਾਨ ਗੁੱਸੇ ਵਿੱਚ ਆ ਕੇ ਪਰਮਜੀਤ ਸਿੰਘ ਨੇ ਆਪਣੀ ਪਤਨੀ ਨੀਲਮ ਕੌਰ ਦੇ ਸਿਰ ਵਿਚ ਰੋਟੀ ਬਣਾਉਣ ਲਈ ਵਰਤੇ ਜਾਣ ਵਾਲੇ ਤਵੇ ਨਾਲ ਤਾਬੜਤੋੜ ਵਾਰ ਕਰ ਦਿੱਤੇ। ਇਸ ਕਾਰਨ ਔਰਤ ਦਾ ਖੂਨ ਵਹਿ ਗਿਆ ਅਤੇ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜਦੋਂ ਆਸਪਾਸ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਸਨਸਨੀ ਫੈਲ ਗਈ। ਲੋਕਾਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।
ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰਨ ਵਿਚ ਜੁਟੀ
ਸੂਚਨਾ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਸਿਟੀ ਥਾਣੇ ਦੇ ਇੰਚਾਰਜ ਦਲਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਦੋਸ਼ੀ ਪਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ। ਦੋਸ਼ੀ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।