ਇਹ ਦੁੱਖਭਰੀ ਖਬਰ ਪੰਜਾਬ ਦੇ ਜਿਲ੍ਹਾ ਗੁਰਦਾਸਪੁਰ, ਬਟਾਲਾ ਤੋਂ ਸਾਹਮਣੇ ਆਈ ਹੈ। ਇਥੋਂ ਦੇ ਨੇੜਲੇ ਪਿੰਡ ਰਜ਼ਾਦਾ ‘ਚ ਇਕ ਵਿਆਹੁਤਾ ਔਰਤ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਸਬੰਧੀ ਮ੍ਰਿਤਕ ਨਵਨੀਤ ਕੌਰ ਦੇ ਪਿਤਾ ਕੁਲਦੀਪ ਸਿੰਘ ਵਾਸੀ ਪਿੰਡ ਧੰਦੋਈ ਨੇ ਦੱਸਿਆ ਕਿ ਉਸ ਦੀ ਲੜਕੀ ਨਵਨੀਤ ਕੌਰ ਦਾ ਵਿਆਹ 4 ਸਾਲ ਪਹਿਲਾਂ ਫੌਜੀ ਜਸਪ੍ਰੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਰਜ਼ਾਦਾ ਨਾਲ ਹੋਇਆ ਸੀ ਅਤੇ ਉਸ ਦੇ 2 ਬੱਚੇ ਵੀ ਹਨ।
ਉਨ੍ਹਾਂ ਦੱਸਿਆ ਕਿ ਲੜਕੀ ਨੂੰ ਅਕਸਰ ਪਤੀ, ਸੱਸ ਤੇ ਸਹੁਰਾ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਤੇ ਕਾਰ ਦੀ ਮੰਗ ਕਰਦੇ ਸਨ, ਜਿਸ ਕਾਰਨ ਉਸ ਨੇ ਆਪਣੇ ਜਵਾਈ ਨੂੰ ਬੁਲੇਟ ਮੋਟਰਸਾਈਕਲ ਲੈ ਕੇ ਦੇ ਦਿੱਤਾ ਸੀ। ਇਸ ਦੇ ਬਾਵਜੂਦ ਨਵਨੀਤ ਕੌਰ ਨੂੰ ਸਹੁਰਿਆਂ ਵੱਲੋਂ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਦੱਸਿਆ ਕਿ ਅੱਜ ਉਸ ਨੂੰ ਫੋਨ ’ਤੇ ਸੂਚਨਾ ਮਿਲੀ ਕਿ ਉਸ ਦੀ ਲੜਕੀ ਨੇ ਫਾਹਾ ਲੈ ਕੇ ਆਪਣੀ ਜਿੰਦਗੀ ਖਤਮ ਕਰ ਲਈ ਹੈ। ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਹ ਧੀ ਦੇ ਸਹੁਰੇ ਪਿੰਡ ਪਹੁੰਚੇ ਤਾਂ ਦੇਖਿਆ ਕਿ ਉਨ੍ਹਾਂ ਦੀ ਬੇਟੀ ਮਰੀ ਹੋਈ ਹਾਲਤ ਵਿਚ ਪਈ ਸੀ। ਕੁਲਦੀਪ ਸਿੰਘ ਨੇ ਦੋਸ਼ ਲਾਇਆ ਕਿ ਨਵਨੀਤ ਕੌਰ ਨੂੰ ਉਸ ਦੇ ਪਤੀ, ਸੱਸ ਅਤੇ ਸਹੁਰੇ ਨੇ ਫਾਹਾ ਲਗਾ ਕੇ ਮਾਰ ਦਿੱਤਾ ਹੈ। ਉਸ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੀ ਧੀ ਦਾ ਕਤਲ ਕਰਨ ਵਾਲੇ ਉਸ ਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਇਨਸਾਫ਼ ਦਿਵਾਇਆ ਜਾਵੇ।
ਘਟਨਾ ਵਾਲੀ ਥਾਂ ਤੇ ਮੌਕੇ ’ਤੇ ਪੁੱਜੇ ਬਟਾਲਾ ਦੇ ਡੀ.ਐਸ.ਪੀ. ਲਲਿਤ ਕੁਮਾਰ ਅਤੇ ਥਾਣਾ ਸੇਖਵਾਂ ਦੇ ਐਸ.ਐਚ.ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ਦਾ ਮੁਆਇਨਾ ਕਰਨ ਉਪਰੰਤ ਨਵਨੀਤ ਕੌਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਲੜਕੀ ਦੇ ਪਿਤਾ ਦੇ ਬਿਆਨ ਦਰਜ ਕਰ ਲਏ ਹਨ। ਪੁਲਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।