ਜਿਲ੍ਹਾ ਫਰੀਦਕੋਟ ਦੀ ਪੁਲਿਸ ਨੇ ਸ਼ਨੀਵਾਰ ਸ਼ਾਮ ਫਰੀਦਕੋਟ ਨਹਿਰ ਦੇ ਕਿਨਾਰੇ ਇੱਕ ਨੌਜਵਾਨ ਦੇ ਕਤਲ ਮਾਮਲੇ ਦੀ ਗੁੱਥੀ ਨੂੰ 12 ਘੰਟਿਆਂ ਦੇ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਦੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਐਸਐਸਪੀ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਸ਼ਨੀਵਾਰ ਦੀ ਸ਼ਾਮ ਪੁਲੀਸ ਨੂੰ ਸੂਚਨਾ ਮਿਲੀ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਕੋਠੇ ਵਡਿੰਗ ਦੇ ਸੁਖਵੀਰ ਸਿੰਘ ਦਾ ਕਤਲ ਕਰਕੇ ਉਸ ਦੇ ਮ੍ਰਿਤਕ ਸਰੀਰ ਨੂੰ ਨਹਿਰ ਵਿੱਚ ਸੁੱਟ ਦਿੱਤੀ ਹੈ। ਮਿ੍ਤਕ ਦੇ ਚਾਚੇ ਦੇ ਲੜਕੇ ਬਲਜਿੰਦਰ ਸਿੰਘ ਦੇ ਬਿਆਨਾਂ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਅੱਗੇ ਐਸ.ਐਸ.ਪੀ. ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਇਕ ਟੀਮ ਬਣਾਈ ਗਈ ਅਤੇ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਦੋਸ਼ੀਆਂ ਦੀ ਪਛਾਣ 32 ਸਾਲਾ ਜਗਜੀਤ ਸਿੰਘ ਉਰਫ਼ ਜੱਗਾ ਵਾਸੀ ਕੋਹਾਰ ਵਾਲਾ ਅਤੇ 33 ਸਾਲਾ ਗੁਰਪ੍ਰੀਤ ਕੁਮਾਰ ਉਰਫ਼ ਗੋਗੀ ਵਾਸੀ ਕੋਠੇ ਪੰਡਤਾਂ ਵਾਲੇ ਦੇ ਰੂਪ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀਆਂ ਨੂੰ ਫੋਕਲ ਪੁਆਇੰਟ ਫਰੀਦਕੋਟ ਰੋਡ, ਕੋਟਕਪੂਰਾ ਤੋਂ ਜੁਰਮ ਵਿੱਚ ਵਰਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ।
ਐਸਐਸਪੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਫਾਈਨਾਂਸ ਦਾ ਕੰਮ ਕਰਦਾ ਸੀ ਅਤੇ ਉਸ ਨੇ ਇਨ੍ਹਾਂ ਵਿਅਕਤੀਆਂ ਨੂੰ ਵੀ ਵਿਆਜ ’ਤੇ ਪੈਸੇ ਦਿੱਤੇ ਸਨ, ਜੋ ਹੁਣ ਵਿਆਜ ਜੋੜ ਕੇ ਬਹੁਤ ਵੱਧ ਗਏ ਸਨ। ਸੁਖਵੀਰ ਇਨ੍ਹਾਂ ਲੋਕਾਂ ਕੋਲੋਂ ਆਪਣੇ ਪੈਸੇ ਮੰਗਦਾ ਸੀ ਤੇ ਉਨ੍ਹਾਂ ਨੇ ਉਸ ਨੂੰ ਨਹਿਰ ਦੀ ਪਟੜੀ ‘ਤੇ ਬੁਲਾਇਆ। ਜਿੱਥੇ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਨ੍ਹਾਂ ਲੋਕਾਂ ਨੇ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦਾ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਕਤਲ ਨਾਲ ਸਬੰਧਤ ਹੋਰ ਤੱਥ ਵੀ ਸਾਹਮਣੇ ਆ ਸਕਣ।