ਪੰਜਾਬ ਸੂਬੇ ਵਿਚ ਜਿਲ੍ਹਾ ਹੁਸ਼ਿਆਰਪੁਰ ਦੇ ਹਾਜੀਪੁਰ ਕਸਬੇ ਦੇ ਨਜਦੀਕ ਸੋਮਵਾਰ ਨੂੰ ਇੱਕ ਮਿੰਨੀ ਬੱਸ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਜਾ ਜਾ ਕੇ ਟਕਰਾ ਗਈ। ਇਸ ਹਾਦਸੇ ਵਿਚ ਡਰਾਈਵਰ ਸਮੇਤ ਬੱਸ ਵਿਚ ਸਫਰ ਕਰ ਰਹੇ 18 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਹ ਹਾਦਸਾ ਅੱਡਾ ਝੀਰ ਦੀ ਖੂਹੀ ਨੇੜੇ ਵਾਪਰਿਆ ਹੈ। ਨੇੜੇ ਤੇੜੇ ਦੇ ਲੋਕਾਂ ਵਲੋਂ ਤੁਰੰਤ ਜ਼ਖਮੀ ਹੋਏ ਲੋਕਾਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਹਾਜੀਪੁਰ ਅਤੇ ਮੁਕੇਰੀਆਂ ਪਹੁੰਚਦੇ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਵਿਚੋਂ ਦੋ ਤਿੰਨ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੱਸ ਵਿੱਚ 25 ਤੋਂ 30 ਦੇ ਕਰੀਬ ਲੋਕ ਸਵਾਰ ਸਨ।
ਖੁਸ਼ਕਿਸਮਤੀ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਵਾਲੀ ਥਾਂ ਉੱਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਤਲਵਾੜਾ ਤੋਂ ਦਸੂਹਾ ਜਾ ਰਹੀ ਮਿੰਨੀ ਬੱਸ ਅੱਡਾ ਝੀਰ ਦੀ ਖੂਹੀ ਦੇ ਨੇੜੇ ਪਹੁੰਚਦਿਆਂ ਹੀ ਅਚਾਨਕ ਬੇਕਾਬੂ ਹੋ ਗਈ। ਅਜਿਹਾ ਲੱਗ ਰਿਹਾ ਸੀ ਕਿ ਇਸ ਵਿੱਚ ਕੋਈ ਤਕਨੀਕੀ ਨੁਕਸ ਪੈ ਗਿਆ ਸੀ। ਡਰਾਈਵਰ ਨੇ ਕਿਸੇ ਨਾ ਕਿਸੇ ਤਰ੍ਹਾਂ ਬੱਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਬੱਸ ਸੜਕ ਕਿਨਾਰੇ ਦਰੱਖਤ ਨਾਲ ਜਾ ਕੇ ਟਕਰਾ ਗਈ। ਹਾਦਸੇ ਤੋਂ ਬਾਅਦ ਬੱਸ ਵਿਚ ਸਵਾਰ ਸਵਾਰੀਆਂ ਜ਼ਖਮੀ ਹੋ ਗਈਆਂ ਅਤੇ ਹਾਹਾ ਕਾਰ ਮੱਚ ਗਈ, ਰਾਹਗੀਰਾਂ ਨੇ ਤੁਰੰਤ ਜ਼ਖਮੀਆਂ ਨੂੰ ਬੱਸ ਵਿਚੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।
ਇਸ ਹਾਦਸੇ ਬਾਰੇ ਪੁਲਿਸ ਨੂੰ ਵੀ ਤੁਰੰਤ ਸੂਚਨਾ ਦਿੱਤੀ ਗਈ। ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਾਜੀਪੁਰ ਅਤੇ ਮੁਕੇਰੀਆਂ ਦੇ ਹਸਪਤਾਲਾਂ ਵਿੱਚ ਪਹੁੰਚਦਾ ਕੀਤਾ। ਜਿੱਥੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਤਲਵਾੜਾ ਦੀ ਪੁਲਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵਲੋਂ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।