ਪੰਜਾਬ ਵਿਚ ਤਰਨਤਾਰਨ ਦੇ ਸਥਾਨਕ ਕਸਬਾ ਦੀ ਮੁੱਖ ਸੜਕ ਉਤੇ ਬੀਤੀ ਰਾਤ 9 ਵਜੇ ਦੇ ਕਰੀਬ ਇਕ ਮੋਟਰਸਾਈਕਲ ਅਤੇ ਅਣਪਛਾਤੇ ਵਾਹਨ ਦੇ ਵਿਚਕਾਰ ਦੁਖਦਾਈ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ ਉਤੇ ਹੀ ਮੌ-ਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਬਾਰੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਉਮਰ 17 ਸਾਲ ਪੁੱਤਰ ਬਲਵੀਰ ਸਿੰਘ, ਹਰਪ੍ਰੀਤ ਸਿੰਘ ਉਮਰ 28 ਸਾਲ ਪੁੱਤਰ ਬਲਦੇਵ ਸਿੰਘ ਅਤੇ ਲਵ ਨਾਮ ਦਾ ਨੌਜਵਾਨ, ਇਹ ਸਾਰੇ ਕਾਜੀ ਕੋਟ ਰੋਡ ਤਰਨਤਾਰਨ ਦੇ ਰਹਿਣ ਵਾਲੇ ਸਨ। ਉਹ ਰਾਤ ਕਰੀਬ 9 ਵਜੇ ਆਪਣੇ ਪਲੈਟੀਨੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਧਾਰਮਿਕ ਸਥਾਨ ਉਤੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਅੰਮ੍ਰਿਤਸਰ ਤੋਂ ਆ ਰਹੇ ਇੱਕ ਤੇਜ਼ ਸਪੀਡ ਵਾਹਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ।
ਲੋਕਾਂ ਮੁਤਾਬਕ ਟੱਕਰ ਇੰਨੀ ਜਿਆਦਾ ਜੋਰਦਾਰ ਸੀ ਕਿ ਤਿੰਨੋਂ ਨੌਜਵਾਨ ਬਲੱਡ ਨਾਲ ਭਿੱਜ ਕੇ ਸੜਕ ਉਤੇ ਡਿੱਗ ਗਏ। ਹਾਦਸੇ ਵਾਲੀ ਥਾਂ ਤੇ ਇਕੱਠੇ ਹੋਏ ਲੋਕਾਂ ਨੇ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਤਰਨਤਾਰਨ ਪਹੁੰਚਾਇਆ। ਲੋਕਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਆਲਟੋ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਈ ਹੈ। ਹਸਪਤਾਲ ਵਿਚ ਡਿਊਟੀ ਉਤੇ ਮੌਜੂਦ ਡਾਕਟਰ ਜਗਜੀਤ ਸਿੰਘ ਨੇ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ।
ਜਾਣਕਾਰੀ ਦਿੰਦਿਆਂ ਡਾ: ਜਗਜੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਪਹੁੰਚੇ ਸੜਕ ਹਾਦਸੇ ਦੇ ਪੀੜਤਾਂ ਵਿਚੋਂ ਲਵਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੀ ਮੌ-ਤ ਹੋ ਗਈ ਹੈ, ਜਦੋਂ ਕਿ ਲਵ ਨਾਮ ਦੇ ਗੰਭੀਰ ਜ਼ਖਮੀ ਨੌਜਵਾਨ ਨੂੰ ਸਰਕਾਰੀ ਹਸਪਤਾਲ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਤਰਨਤਾਰਨ ਦੀ ਮੁਖੀ ਸਬ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਇਸ ਸੜਕ ਹਾਦਸੇ ਦੀ CCTV ਕੈਮਰੇ ਦੀ ਫੁਟੇਜ ਦੇ ਆਧਾਰ ਉਤੇ ਟੱਕਰ ਮਾਰਨ ਵਾਲੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।