ਪੰਜਾਬ ਸੂਬੇ ਵਿਚ ਫਰੀਦਕੋਟ ਜਿਲ੍ਹੇ ਦੇ ਪਿੰਡ ਢਿਲਵਾਂ ਖੁਰਦ ਵਿੱਚ ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦਾ ਗੋ-ਲੀ ਨਾਲ ਕ-ਤ-ਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਹਿਚਾਣ ਹਰਭਗਵਾਨ ਸਿੰਘ ਉਮਰ 30 ਸਾਲ ਦੇ ਰੂਪ ਵਜੋਂ ਹੋਈ ਹੈ, ਜੋ ਕਿ ਬਿਜਲੀ ਦੀ ਮੁਰੰਮਤ ਦਾ ਕੰਮ ਕਰਦਾ ਸੀ ਅਤੇ ਪਿੰਡ ਦੀ ਪੰਚਾਇਤ ਵੱਲੋਂ ਬਣਾਈ ਗਈ ਨਸ਼ਾ ਵਿਰੋਧੀ ਕਮੇਟੀ ਦਾ ਮੈਂਬਰ ਸੀ।
ਦੱਸਿਆ ਜਾ ਰਿਹਾ ਹੈ ਕਿ ਨਸ਼ਾ ਵਿਰੋਧੀ ਕਮੇਟੀ ਵੱਲੋਂ ਆਪਣੇ ਪਿੰਡ ਵਿੱਚ ਨਸ਼ਾ ਰੋਕਣ ਲਈ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਸੀ। ਸ਼ੁੱਕਰਵਾਰ ਨੂੰ ਵੀ ਹਰਭਗਵਾਨ ਸਿੰਘ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਦੋ ਨਸ਼ੇੜੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ, ਜਿਨ੍ਹਾਂ ਨੇ ਸਭ ਦੇ ਸਾਹਮਣੇ ਕਬੂਲ ਕੀਤਾ ਕਿ ਇਹ ਨਸ਼ਾ ਉਨ੍ਹਾਂ ਨੇ ਪਿੰਡ ਦੇ ਹੀ ਅਮਨਦੀਪ ਸਿੰਘ ਤੋਂ ਖ੍ਰੀਦਿਆ ਸੀ। ਇਸ ਦੌਰਾਨ ਹੋਈ ਤਕਰਾਰ ਦੌਰਾਨ ਅਮਨਦੀਪ ਸਿੰਘ ਵੀ ਮੌਕੇ ਉਤੇ ਆ ਗਿਆ ਅਤੇ ਹਰਭਗਵਾਨ ਸਿੰਘ ਉਤੇ ਫਾਇਰ ਕਰ ਦਿੱਤੇ।
ਫਾਇਰ ਕਰਨ ਤੋਂ ਬਾਅਦ ਦੋਸ਼ੀ ਆਪਣੇ ਘਰ ਚਲਿਆ ਗਿਆ ਅਤੇ ਉਸ ਨੇ ਘਰ ਵਿਚ ਜਾ ਕੇ ਵੀ ਹਵਾ ਵਿਚ ਫਾਇਰ ਕੀਤੇ। ਇਸ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ ਉਤੇ ਫਰਾਰ ਹੋ ਗਿਆ। ਜ਼ਖਮੀ ਹੋਏ ਹਰਭਗਵਾਨ ਸਿੰਘ ਨੂੰ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਿਆਂਦਾ ਗਿਆ, ਜਿੱਥੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਮਾਮਲੇ ਵਿਚ ਐੱਸ. ਪੀ. ਜਸਮੀਤ ਸਿੰਘ ਨੇ ਕਿਹਾ ਕਿ ਪੁਲਿਸ ਜਾਂਚ ਕਰ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਜੁਆਕਾਂ ਨੂੰ ਰੋਂਦਿਆਂ ਛੱਡ ਗਿਆ।