ਜ਼ਿਲ੍ਹਾ ਸੰਗਰੂਰ (ਪੰਜਾਬ) ਦੇ ਸੁਨਾਮ ਨੇੜੇ ਪੈਂਦੇ ਪਿੰਡ ਛਾਜਲੀ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਦੇਸ਼ ਦੀ ਸੇਵਾ ਕਰਦੇ ਹੋਏ ਕਾਰਗਿਲ ਵਿੱਚ ਸ਼ਹੀਦ ਹੋ ਗਿਆ ਹੈ। ਪਰਮਿੰਦਰ ਸਿੰਘ ਦਾ ਪਿਛਲੇ ਸਾਲ 2 ਅਕਤੂਬਰ ਨੂੰ ਵਿਆਹ ਹੋਇਆ ਸੀ। ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਪਰਮਿੰਦਰ ਕੌਰ ਦੇ ਪਤੀ ਅਤੇ ਸਮਾਜ ਸੇਵਕ ਇੰਦਰਜੀਤ ਸਿੰਘ ਬਾਵਾ ਧਾਲੀਵਾਲ ਨੇ ਦੱਸਿਆ ਕਿ ਪਰਮਿੰਦਰ ਸਿੰਘ ਉਮਰ 25 ਸਾਲ ਪੰਜਾਬ ਦੀ ਸਿੱਖ ਰੈਜੀਮੈਂਟ 31 ਕਾਰਗਿਲ ਵਿੱਚ ਦੇਸ਼ ਦੀ ਸੇਵਾ ਕਰ ਰਿਹਾ ਸੀ, ਜਿੱਥੇ ਉਹ ਸ਼ਹੀਦ ਹੋ ਗਿਆ।
ਉਨ੍ਹਾਂ ਨੇ ਦੱਸਿਆ ਕਿ ਸ਼ਹੀਦ ਪਰਮਿੰਦਰ ਸਿੰਘ ਦਾ ਦੂਜਾ ਭਰਾ ਗੁਰਪਿੰਦਰ ਸਿੰਘ ਵੀ ਫੌਜ ਵਿੱਚ ਨੌਕਰੀ ਕਰਦਾ ਹੈ ਅਤੇ ਉਸ ਦੇ ਪਿਤਾ ਗੁਰਜੀਤ ਸਿੰਘ ਫੌਜ ਵਿੱਚੋਂ ਸੇਵਾ-ਮੁਕਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਰਮਿੰਦਰ ਸਿੰਘ 7 ਸਾਲਾਂ ਤੋਂ ਫੌਜ ਵਿੱਚ ਸੇਵਾ ਨਿਭਾ ਰਿਹਾ ਸੀ। ਉਨ੍ਹਾਂ ਸ਼ਹੀਦ ਸਿਪਾਹੀ ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਸ਼ਾਮ ਤੱਕ ਪਿੰਡ ਪੁੱਜਣ ਦੀ ਸੰਭਾਵਨਾ ਜਤਾਈ।
ਫੌਜੀ ਦੀ ਸ਼ਹਾਦਤ ਉਤੇ ਮੁੱਖ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੌਜੀ ਜਵਾਨ ਦੀ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਸਿਪਾਹੀ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਇੱਕ ਹਾਦਸੇ ਵਿੱਚ ਸ਼ਹੀਦ ਹੋ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਸ਼ਹੀਦ ਪਰਮਿੰਦਰ ਸਿੰਘ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾ ਕੇ ਪੇਸ਼ੇਵਰ ਸਮਰਪਣ ਦਾ ਸਬੂਤ ਦਿੱਤਾ। ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦੇਵੇਗੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।