ਪੰਜਾਬ ਵਿਚ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਉਮਰ ਸਿਰਫ 19 ਸਾਲ ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਆਪਣੀ ਮਹਾਨ ਸ਼ਹੀਦੀ ਦਿੱਤੀ ਹੈ। ਪਿੰਡ ਕੋਟਲੀ ਕਲਾਂ ਵਿੱਚ ਸ਼ੁੱਕਰਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਜਵਾਨ ਦਾ ਸੰਸਕਾਰ ਕਰ ਦਿੱਤਾ ਗਿਆ। ਰੈਜੀਮੈਂਟ 10-ਜੇਕੇ ਰਾਈਫਲਜ਼ ਦੇ ਜਵਾਨਾਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਅਤੇ ਸਾਬਕਾ ਸੈਨਿਕਾਂ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਸਲਾਮੀ ਦਿੱਤੀ ਗਈ।
ਫੌਜੀ ਅੰਮ੍ਰਿਤਪਾਲ ਸਿੰਘ ਆਪਣੇ ਮਾਪਿਆਂ ਦਾ ਇਕ-ਲੌਤਾ ਪੁੱਤਰ ਸੀ। ਉਹ ਟ੍ਰੇਨਿੰਗ ਤੋਂ ਬਾਅਦ ਕਰੀਬ ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਡਿਊਟੀ ਉਤੇ ਜੰਮੂ-ਕਸ਼ਮੀਰ ਗਿਆ ਸੀ। ਅੰਮ੍ਰਿਤਪਾਲ ਸਿੰਘ ਮੱਧਵਰਗੀ ਕਿਸਾਨ ਪਰਿਵਾਰ ਨਾਲ ਸਬੰਧਤ ਸੀ। ਫੌਜ ਵਿੱਚ ਭਰਤੀ ਹੋਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਆਪਣੇ ਪਿਤਾ ਦੀ ਖੇਤੀਬਾੜੀ ਵਿੱਚ ਮਦਦ ਕਰਦਾ ਸੀ। ਅੰਮ੍ਰਿਤਪਾਲ ਸਿੰਘ ਕੰਬਾਈਨਾਂ ਅਤੇ ਟਰੈਕਟਰਾਂ ਦਾ ਬਹੁਤ ਸ਼ੌਕੀਨ ਸੀ।
ਅੰਮ੍ਰਿਤਪਾਲ ਸਿੰਘ 10 ਦਸੰਬਰ 2022 ਨੂੰ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। 11 ਅਕਤੂਬਰ ਨੂੰ ਗੋ-ਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਭੈਣ ਕੈਨੇਡਾ ਵਿੱਚ ਰਹਿੰਦੀ ਹੈ। ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਨੇ ਆਪਣੀ ਭਤੀਜੀ ਦੇ ਵਿਆਹ ਲਈ ਛੁੱਟੀ ਲਈ ਸੀ। ਕੈਨੇਡਾ ਰਹਿੰਦੀ ਭੈਣ ਅਤੇ ਅੰਮ੍ਰਿਤਪਾਲ ਸਿੰਘ ਇਕੱਠੇ ਘਰ ਆਉਣ ਵਾਲੇ ਸਨ।
ਸੀ. ਐਮ. ਭਗਵੰਤ ਮਾਨ ਨੇ ਕੀਤਾ ਦੁੱਖ ਪ੍ਰਗਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੌਜੀ ਅੰਮ੍ਰਿਤਪਾਲ ਸਿੰਘ ਦੀ ਸ਼ਹੀਦੀ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਰਹਿਣ ਵਾਲਾ ਸੀ। ਇਹ ਦੇਸ਼ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਦੁੱਖ-ਦਾਈ ਦੀ ਘੜੀ ਵਿੱਚ ਸ਼ਹੀਦ ਜਵਾਨ ਦੇ ਪਰਿਵਾਰ ਨਾਲ ਖੜ੍ਹੀ ਹੈ।
ਉਨ੍ਹਾਂ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਰ ਪ੍ਰਤੀਬੱਧਤਾ ਨਾਲ ਨਿਭਾਈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਸਰਕਾਰ ਵਲੋਂ ਆਰਥਿਕ ਸਹਾਇਤਾ ਦਿੱਤੀ ਜਾਵੇਗੀ।