ਸਾਬਕਾ ਜਥੇਦਾਰ ਬਲਵੰਤ ਸਿੰਘ ਨੇ ਕੀਤਾ ਅਕਾਲ ਚਲਾਣਾ, ਮੁਕਤਸਰ ਵਿਚ ਹੋਵੇਗਾ ਅੰਤਿਮ ਸਸਕਾਰ, ਲੰਬੇ ਸਮੇਂ ਤੋਂ ਸਨ ਬਿਮਾਰ

Punjab

ਤਖ਼ਤ ਸ੍ਰੀ ਦਮਦਮਾ ਸਾਹਿਬ (ਪੰਜਾਬ) ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਦੇਹਾਂਤ ਹੋ ਗਿਆ। ਦੁਪਹਿਰ ਬਾਅਦ ਮੁਕਤਸਰ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ 80 ਸਾਲ ਦੀ ਉਮਰ ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।

ਜਥੇਦਾਰ ਬਲਵੰਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ। ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਇਸ ਤੋਂ ਪਹਿਲਾਂ 1996 ਵਿੱਚ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਚੁਣਿਆ ਗਿਆ ਸੀ।

ਮੁਕਤਸਰ ਦੇ ਹਸਪਤਾਲ ਵਿੱਚ ਲਏ ਆਖਰੀ ਸਾਹ

ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਜ਼ੋਰਦਾਰ ਸਟੈਂਡ ਲਿਆ ਸੀ। ਭਾਵੇਂ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਦੀ ਤਲਵੰਡੀ ਦੀ ਅਗਵਾਈ ਛੱਡਣੀ ਪਈ। ਦਰਬਾਰ-ਏ-ਖਾਲਸਾ ਜਥੇਬੰਦੀ ਦੇ ਜਥੇਦਾਰ ਨੰਦਗੜ੍ਹ ਦੀ ਅਗਵਾਈ ਹੇਠ 14 ਅਕਤੂਬਰ 2018 ਨੂੰ ਬੱਤੀਆਂ ਵਾਲਾ ਚੌਕ ਕੋਟਕਪੂਰਾ ਵਿਖੇ ਮਨਾਏ ਗਏ ‘ਲਾਹਣਤ ਦਿਹਾੜੇ’ ਦੌਰਾਨ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ‘ਲਾਹਣਤ ਪੱਤਰ’ ਵੀ ਪੜ੍ਹਿਆ ਗਿਆ।

ਲੰਮੇ ਸਮੇਂ ਤੋਂ ਬਿਮਾਰ ਸਨ ਜੱਥੇਦਾਰ

ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦੀ ਦੇਖ-ਰੇਖ ਉਨ੍ਹਾਂ ਦੇ ਪੁੱਤਰ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਕਰ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸ੍ਰੀ ਮੁਕਤਸਰ ਸਾਹਿਬ ਦੇ ਵੱਡਾ ਗੁੱਜਰ ਜੇਲ੍ਹ ਰੋਡ ਉਤੇ ਸਥਿਤ ਉਨ੍ਹਾਂ ਦੇ ਫਾਰਮ ਹਾਊਸ ਵਿਖੇ ਕੀਤਾ ਜਾਵੇਗਾ।

Leave a Reply

Your email address will not be published. Required fields are marked *